ਰਾਏਕੋਟ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਰਹੂਮ ਜਥੇਦਾਰ ਜਗਦੇਵ ਸਿੰਘ ਤਲਵੰਡੀ ਨੂੰ ਉਨ੍ਹਾਂ ਦੇ ਬਰਸੀ ਸਮਾਗਮ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਦੀ ਨਿੱਜੀ ਜਾਇਦਾਦ ਨਹੀਂ, ਸਗੋਂ ਇਹ ਸਿੱਖ ਕੌਮ ਦੀ ਜਥੇਬੰਦੀ ਹੈ ਤੇ ਇਹ ਸਿੱਖ ਕੌਮ ਦੀ ਨੁਮਾਇੰਦਗੀ ਕਰਦੀ ਹੈ ਤੇ ਕਰਦੀ ਰਹੇਗੀ।
ਇਸ ਮੌਕੇ ਉਨ੍ਹਾਂ ਕਾਂਗਰਸ ਪਾਰਟੀ ’ਤੇ ਤਿੱਖੇ ਹਮਲੇ ਕੀਤੇ ਤੇ ਕਿਹਾ ਕਿ ਕਾਂਗਰਸ ਸਿੱਖਾਂ ਨੂੰ ਆਪਸ ਵਿੱਚ ਲੜਾ ਰਹੀ ਹੈ ਤੇ ਇਸ ਤੋਂ ਸੁਚੇਤ ਰਹਿਣ ਦੀ ਲੋੜ ਹੈ। ਬਲਾਕ ਸਮਿਤੀ ਚੋਣਾਂ ਦੇ ਸਬੰਧ ਵਿੱਚ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੁਲੀਸ ਨਾਲ ਰਲ ਕੇ ਬੂਥਾਂ ’ਤੇ ਕਬਜ਼ੇ ਕੀਤੇ ਤੇ ਅਕਾਲੀਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਅਜਿਹੇ ਪੁਲੀਸ ਅਫ਼ਸਰਾਂ ਨੂੰ ਕਟਹਿਰੇ ਵਿੱਚ ਖੜ੍ਹਾ ਕਰਾਂਗੇ। ਇਸ ਮੌਕੇ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਪੁੱਤਰ ਰਣਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਇਸ ਵੇਲੇ ਅਕਾਲੀ ਦਲ ਔਖੀ ਘੜੀ ਵਿੱਚੋਂ ਲੰਘ ਰਿਹਾ ਹੈ। ਜੇਕਰ ਅਕਾਲੀ ਦਲ ਦੀ ਚੜ੍ਹਤ ਦੇਖਣੀ ਹੈ ਤਾਂ ਟਕਸਾਲੀ ਅਕਾਲੀ ਆਗੂਆਂ ਨੂੰ ਅੱਗੇ ਲਿਆਉਣਾ ਹੋਵੇਗਾ। ਇਸ ਗੱਲ ਦਾ ਅਸਰ ਕਬੂਲਦਿਆਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਣਜੀਤ ਸਿੰਘ ਤਲਵੰਡੀ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਅਤੇ ਜਗਜੀਤ ਸਿੰਘ ਤਲਵੰਡੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਚੰਗਾ ਅਹੁਦਾ ਦੇਣ ਦਾ ਐਲਾਨ ਕਰ ਦਿੱਤਾ। ਬਰਸੀ ਸਮਾਗਮ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਜਥੇਦਾਰ ਜਗਦੇਵ ਸਿੰਘ ਨੂੰ ਸ਼ਰਧਾਜਲੀ ਭੇਟ ਕਰਦਿਆਂ ਕਿਹਾ ਕਿ ਜਥੇਦਾਰ ਤਲਵੰਡੀ ਨੇ ਅਕਾਲੀ ਦਲ ਦੇ ਪ੍ਰਧਾਨ ਸ਼੍ਰੋਮਣੀ ਦੇ ਪ੍ਰਧਾਨ, ਲੋਕ ਸਭਾ ਮੈਂਬਰ ਤੇ ਵਿਧਾਨ ਸਭਾ ਦੇ ਮੈਂਬਰ ਵਜੋਂ ਸਰਗਰਮ ਅਤੇ ਉਸਾਰੂ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸ਼ਹਿ ’ਤੇ ਕੁਝ ਲੋਕ ਨਵਾਂ ਪੰਥ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ‘ਕਾਂਗਰਸੀ ਜਥੇਦਾਰ’ ਕਾਂਗਰਸ ਪਾਰਟੀ ਦੀ ਸ਼ਹਿ ’ਤੇ ਸਿੱਖਾਂ ਵਿੱਚ ਵੰਡੀਆਂ ਪਾਉਣ ’ਤੇ ਤੁਲੇ ਹੋਏ ਹਨ। ਇਸ ਮੌਕੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ, ਜਥੇਦਾਰ ਤੋਤਾ ਸਿੰਘ, ਪ੍ਰੇਮ ਸਿੰਘ ਚੰਦੂਮਾਜਰਾ, ਭਾਜਪਾ ਆਗੂ ਸੁਖਮਿੰਦਰ ਸਿੰਘ ਗਰੇਵਾਲ, ਮਹੇਸ਼ ਇੰਦਰ ਸਿੰਘ ਗਰੇਵਾਲ, ਮਨਪ੍ਰੀਤ ਸਿੰਘ ਇਯਾਲੀ, ਐੱਸ ਆਰ ਕਲੇਰ, ਸੰਤਾ ਸਿੰਘ ਉਮੈਦਪੁਰੀ, ਜਥੇਦਾਰ ਤਲਵੰਡੀ ਦੀ ਪਤਨੀ ਬੀਬੀ ਮਹਿੰਦਰ ਕੌਰ, ਛੋਟਾ ਪੁੱਤ ਜਗਜੀਤ ਸਿੰਘ ਤਲਵੰਡੀ, ਭਾਈ ਅਮਰਜੀਤ ਸਿੰਘ ਚਾਵਲਾ ਤੇ ਭਾਈ ਗੁਰਚਰਨ ਸਿੰਘ ਗਰੇਵਾਲ ਆਦਿ ਹਾਜ਼ਰ ਸਨ।