ਨਕੋਦਰ ਬੇਅਦਬੀ ਵਰਗੇ ਕਾਂਡ ਤਾਂ ਹੁੰਦੇ ਹੀ ਰਹਿੰਦੇ ਨੇ: ਬਾਦਲ

ਜਲੰਧਰ: ਬਰਗਾੜੀ ਅਤੇ ਬੇਅਦਬੀ ਦੇ ਹੋਰ ਮਾਮਲਿਆਂ ‘ਚ ਬੁਰੀ ਤਰ੍ਹਾਂ ਘਿਰੇ ਹੋਏ ਸ਼੍ਰੋਮਣੀ ਅਕਾਲੀ ਦਲ ਨੂੰ ਜਦੋਂ ਪੰਥਕ ਧਿਰਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਓਦੋਂ ਕੱਲ੍ਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਹ ਕਹਿ ਦਿੱਤਾ ਕਿ ਨਕੋਦਰ ਵਰਗੇ ਕਾਂਡ ਤਾਂ ਵਾਪਰਦੇ ਰਹਿੰਦੇ ਹਨ। ਉਹ ਕੱਲ੍ਹ ਕਰਤਾਰਪੁਰ ਵਿੱਚ ਚੋਣ ਰੈਲੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਵਰਨਣ ਯੋਗ ਹੈ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਫਰਵਰੀ 1986 ਵਿੱਚ ਵਾਪਰੇ ਨਕੋਦਰ ਬੇਅਦਬੀ ਕਾਂਡ ਬਾਰੇ ਜਦੋਂ ਪੁੱਛਿਆ ਗਿਆ ਤਾਂ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹੋ ਜਿਹੇ ਕਾਂਡ ਮਾੜੇ ਤਾਂ ਹਨ, ਪਰ ਅਜਿਹੇ ਕਾਂਡ ਵਾਪਰਦੇ ਰਹਿੰਦੇ ਹਨ। ਪੱਤਰਕਾਰਾਂ ਦੇ ਸਵਾਲਾਂ ਵਿੱਚ ਘਿਰੇ ਹੋਏ ਪ੍ਰਕਾਸ਼ ਸਿੰਘ ਬਾਦਲ ਨੂੰ ਬਚਾਉਣ ਲਈ ਅਕਾਲੀ ਦਲ ਦੇ ਸਮਰਥਕ ਉਚੀ-ਉਚੀ ਜੈਕਾਰੇ ਲਾਉਣ ਲੱਗ ਪਏ।
ਅਸਲ ਵਿੱਚ ਦੋ ਫਰਵਰੀ 1986 ਨੂੰ ਨਕੋਦਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਪੰਜ ਬੀੜਾਂ ਸੜ ਗਈਆਂ ਦਾ ਰੋਸ ਪ੍ਰਗਟ ਕਰ ਰਹੇ ਸਿੱਖਾਂ ਉੱਤੇ ਚਾਰ ਫਰਵਰੀ ਨੂੰ ਪੁਲਸ ਵੱਲੋਂ ਚਲਾਈ ਗੋਲੀ ‘ਚ ਚਾਰ ਸਿੱਖ ਨੌਜਵਾਨ ਮਾਰੇ ਗਏ ਸਨ। ਪੰਜਾਬ ਪੁਲਸ ਨੇ ਚਾਰੇ ਨੌਜਵਾਨਾਂ ਦੀਆਂ ਲਾਸ਼ਾਂ ਲਾਵਾਰਸ ਕਹਿ ਕੇ ਸਾੜ ਦਿੱਤੀਆਂ ਸਨ। ਸਾਲ 2001 ਵਿੱਚ ਮੁੱਖ ਮੰਤਰੀ ਹੁੰਦੇ ਹੋਏ ਪ੍ਰਕਾਸ਼ ਸਿੰਘ ਬਾਦਲ ਨੇ ਨਕੋਦਰ ਕਾਂਡ ਬਾਰੇ ਜਸਟਿਸ ਗੁਰਨਾਮ ਸਿੰਘ ਦੀ ਰਿਪੋਰਟ ਵਿਧਾਨ ਸਭਾ ਵਿੱਚ ਪੇਸ਼ ਕੀਤੀ ਸੀ ਤੇ ਓਦੋਂ ਦੇ ਵਿਧਾਨ ਸਭਾ ਸਪੀਕਰ ਚਰਨਜੀਤ ਸਿੰਘ ਅਟਵਾਲ ਸਨ, ਜਿਹੜੇ ਇਸ ਵਕਤ ਸ਼੍ਰੋਮਣੀ ਅਕਾਲੀ ਦਲ ਦੇ ਜਲੰਧਰ ਤੋਂ ਉਮੀਦਵਾਰ ਹਨ। ਲੋਕ ਸਭਾ ਚੋਣਾਂ ‘ਚ ਬੇਅਦਬੀ ਕਾਂਡ ਚੋਣ ਮੁੱਦਾ ਹੋਣ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਬਾਦਲ ਨੇ ਕਿਹਾ ਕਿ ਬੇਅਦਬੀ ਕੋਈ ਮੁੱਦਾ ਨਹੀਂ ਰਹਿ ਗਿਆ, ਬਾਲਾਕੋਟ ਵੱਡਾ ਮੁੱਦਾ ਬਣ ਗਿਆ ਹੈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਕੋਟ ਵਰਗੀ ਕਾਰਵਾਈ ਕਰਕੇ ਕਮਾਲ ਕਰ ਦਿੱਤੀ ਹੈ।
ਪੰਜਾਬ ਵਿੱਚ ਹੋਏ ਝੂਠੇ ਪੁਲਸ ਮੁਕਾਬਲਿਆਂ ਬਾਰੇ ਸਵਾਲਾਂ ਦਾ ਸਿੱਧਾ ਜਵਾਬ ਦਿੰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਜਿਨ੍ਹਾਂ ਪੁਲਸ ਅਫਸਰਾਂ ਨੇ ਝੂਠੇ ਮੁਕਾਬਲੇ ਕੀਤੇ ਸਨ, ਉਨ੍ਹਾਂ ਨੂੰ 10-10 ਸਾਲ ਦੀ ਸਜ਼ਾ ਵੀ ਹੋਈ ਸੀ। ਖਡੂਰ ਸਾਹਿਬ ਤੋਂ ਚੋਣ ਲੜ ਰਹੀ ਬੀਬੀ ਪਰਮਜੀਤ ਕੌਰ ਖਾਲੜਾ ਦਾ ਦਾਅਵਾ ਹੈ ਕਿ 1997 ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ ਪੁਲਸ ਵਿਰੁੱਧ ਕੋਈ ਕਾਰਵਾਈ ਨਹੀਂ ਸੀ ਕੀਤੀ ਗਈ। ਇਸ ਉੱਤੇ ਟਿੱਪਣੀ ਕਰਦਿਆਂ ਬਾਦਲ ਨੇ ਕਿਹਾ ਕਿ ਉਨ੍ਹਾਂ ਕੋਲ ਜਿਹੜਾ ਵੀ ਆਇਆ, ਉਸ ਦੀ ਉਨ੍ਹਾਂ ਮਦਦ ਕੀਤੀ ਹੈ। ਬੀਬੀ ਖਾਲੜਾ ਬਾਰੇ ਉਨ੍ਹਾ ਕਿਹਾ ਕਿ ਉਨ੍ਹਾਂ ਦੀ ਵੀ ਜ਼ਰੂਰ ਮਦਦ ਕੀਤੀ ਹੋਵੇਗੀ। ਬਾਦਲ ਨੇ ਕਿਹਾ ਕਿ ਉਨ੍ਹਾਂ ਕਦੇ ਕਿਸੇ ਨਾਲ ਧੱਕਾ ਨਹੀਂ ਕੀਤਾ। ਕਾਂਗਰਸ ‘ਤੇ ਪੰਜਾਬ ਦੇ ਪਾਣੀ ਅਤੇ ਪੰਜਾਬੀ ਬੋਲਦੇ ਇਲਾਕੇ ਖੋਹਣ, ਰਾਜਧਾਨੀ ਨਾ ਦੇਣ ਸਮੇਤ ਹੋਰ ਕਈ ਤਰ੍ਹਾਂ ਦੇ ਚੋਣ ਰੈਲੀ ਵਿੱਚ ਲਾਏ ਦੋਸ਼ਾਂ ਬਾਰੇ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਇਨ੍ਹਾਂ ਮਸਲਿਆਂ ਦਾ ਹੱਲ ਕਰਾਉਣ ਲਈ ਉਨ੍ਹਾਂ ਨੇ ਛੇ ਸਾਲ ਵਾਜਪਾਈ ਦੀ ਸਰਕਾਰ ਅਤੇ ਪੰਜ ਸਾਲ ਮੋਦੀ ਦੀ ਸਰਕਾਰ ਵੇਲੇ ਯਤਨ ਕਿਉਂ ਨਾ ਕੀਤੇ? ਸਿੱਧਾ ਜਵਾਬ ਦੇਣ ਦੀ ਥਾਂ ਉਨ੍ਹਾਂ ਕਾਂਗਰਸ ‘ਤੇ ਦੋਸ਼ ਮੜ੍ਹਦਿਆਂ ਕਿਹਾ ਕਿ ਉਨ੍ਹਾਂ ਨੇ ਹਰਿਆਣੇ ਵਿੱਚ ਸ਼੍ਰੋਮਣੀ ਕਮੇਟੀ ਨੂੰ ਤੋੜਨ ਦਾ ਯਤਨ ਕੀਤਾ ਸੀ। ਪੱਤਰਕਾਰਾਂ ਦੇ ਸਵਾਲਾਂ ਵਿੱਚ ਘਿਰੇ ਬਾਦਲ ਨੂੰ ਬਚਾਉਣ ਲਈ ਅਕਾਲੀ ਦਲ ਦੇ ਸਮਰਥਕ ਉਚੀ-ਉਚੀ ਜੈਕਾਰੇ ਲਾਉਣ ਲੱਗ ਪਏ।

You May Also Like

Leave a Reply

Your email address will not be published. Required fields are marked *