ਪਹਾੜੀ ਸੂਬਿਆਂ ਨੂੰ ਸਨਅਤੀ ਰਿਆਇਤਾਂ ਦਾ ਕੈਪਟਨ ਵੱਲੋਂ ਵਿਰੋਧ

ਚੰਡੀਗੜ੍: ਪਹਾੜੀ ਸੂਬਿਆਂ ਦੀਆਂ ਸਨਅਤਾਂ ਨੂੰ ਰਿਆਇਤਾਂ ਦੇਣ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਹ ਪੰਜਾਬ ਦੇ ਸਰਹੱਦੀ ਇਲਾਕਿਆਂ ਅਤੇ ਕੰਢੀ ਖੇਤਰਾਂ ਨੂੰ ਵੀ ਅਜਿਹੀਆਂ ਛੋਟਾਂ ਦੇਣ ਦੀ ਮੰਗ ਉਠਾਉਣਗੇ। ਇੱਥੇ ਪੰਜਾਬ ਕਲਾ ਭਵਨ ਵਿੱਚ ਫੋਟੋ ਜਰਨਲਿਸਟ ਵੈਲਫੇਅਰ ਐਸੋਸੀਏਸ਼ਨ ਦੀ ਫੋਟੋ ਪ੍ਰਦਰਸ਼ਨੀ ਦੇ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਤੇ ਕੰਢੀ ਖੇਤਰਾਂ ਵਿੱਚ ਵੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹਨ, ਜਿਸ ਕਰ ਕੇ ਇਨ੍ਹਾਂ ਇਲਾਕਿਆਂ ਨੂੰ ਵੀ ਛੋਟਾਂ ਮਿਲਣੀਆਂ ਚਾਹੀਦੀਆਂ ਹਨ। ਸਰਕਾਰ ਨੇ ਪਹਿਲਾਂ ਵੀ ਕੇਂਦਰ ਸਰਕਾਰ ਕੋਲ ਇਹ ਮਸਲਾ ਉਠਾਇਆ ਸੀ ਅਤੇ ਹੁਣ ਹੋਰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਡੇਰਾ ਸਿਰਸਾ ਦੇ ਮੁਖੀ ਬਾਰੇ ਅਦਾਲਤੀ ਫੈਸਲੇ ਸਬੰਧੀ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਸੂਬੇ ਦੇ ਅਮਨ-ਚੈਨ ਵਿੱਚ ਅੜਿੱਕਾ ਡਾਹੁਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕਿਸਾਨੀ ਕਰਜ਼ ਮੁਆਫ਼ੀ ਸਬੰਧੀ ਡਾ. ਟੀ ਹੱਕ ਕਮੇਟੀ ਦੀਆਂ ਸਿਫ਼ਾਰਸ਼ਾਂ ਬਾਰੇ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਰਿਪੋਰਟ ਹਾਸਲ ਕਰ ਲਈ ਹੈ ਅਤੇ ਇਸ ਨੂੰ ਪੜ੍ਹ ਕੇ ਕਿਸਾਨਾਂ ਦੇ ਹਿੱਤ ਵਿੱਚ ਢੁਕਵੇਂ ਫੈਸਲੇ ਲਏ ਜਾਣਗੇ। ਇਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਸਪੱਸ਼ਟ ਕੀਤਾ ਕਿ ਰੇਤ ਦੀਆਂ ਖੱਡਾਂ ਦੀ ਨਿਲਾਮੀ ਅਤੇ ਮੰਤਰੀ ਰਾਣਾ ਗੁਰਜੀਤ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਬਾਰੇ ਜਸਟਿਸ ਨਾਰੰਗ ਦੀ ਰਿਪੋਰਟ ਘੋਖਣ ਲਈ ਦੂਜੀ ਕਮੇਟੀ ਨਹੀਂ ਬਣੇਗੀ। ਉਨ੍ਹਾਂ ਕਿਹਾ,‘‘ਮੈਂ ਰਿਪੋਰਟ ਮੁੱਖ ਸਕੱਤਰ ਨੂੰ ਭੇਜ ਦਿੱਤੀ ਹੈ, ਜੋ ਇਸ ਰਿਪੋਰਟ ਦੀ ਪੜਚੋਲ ਲਈ ਹੋਰ ਅਧਿਕਾਰੀਆਂ ਨੂੰ ਸ਼ਾਮਲ ਕਰ ਸਕਦੇ ਹਨ।’’ ਆਮ ਆਦਮੀ ਪਾਰਟੀ ਵਿੱਚੋਂ ਕੱਢੇ ਸੁੱਚਾ ਸਿੰਘ ਛੋਟੇਪੁਰ ਦੇ ਕਾਂਗਰਸ ਵਿੱਚ ਆਉਣ ਦੀਆਂ ਕਿਆਸਅਰਾਈਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਛੋਟੇਪੁਰ ਉਨ੍ਹਾਂ ਦੇ ਚੰਗੇ ਮਿੱਤਰ ਹਨ ਪਰ ਪਿਛਲੇ ਦੋ ਮਹੀਨਿਆਂ ਤੋਂ ਮੁਲਾਕਾਤ ਨਹੀਂ ਹੋਈ। ਮੁੱਖ ਮੰਤਰੀ ਨੇ ਉੱਘੇ ਫੋਟੋਗ੍ਰਾਫਰ ਐਸ.ਪੌਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ ਦੇਹਾਂਤ ਹੋ ਗਿਆ ਸੀ। ਇਸ ਮੌਕੇ ਉਨ੍ਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਸਾਲ ਦੇ ਬਿਹਤਰੀਨ ਫੋਟੋਗ੍ਰਾਫਰ ਲਈ ਟਰਾਫ਼ੀ ਦਾ ਐਲਾਨ ਕੀਤਾ, ਜੋ ਹਰੇਕ ਸਾਲ ਦਸੰਬਰ ਮਹੀਨੇ ਵਿੱਚ ਦਿੱਤੀ ਜਾਵੇਗੀ। ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਲਾਈ ਪ੍ਰਦਰਸ਼ਨੀ ਦੌਰਾਨ ਮੁੱਖ ਮੰਤਰੀ ਨੇ ਫੋਟੋਆਂ ਦੇਖੀਆਂ। ਮੁੱਖ ਮੰਤਰੀ ਨੇ ਕੁਝ ਫੋਟੋ ਪੱਤਰਕਾਰਾਂ ਦਾ ਸਨਮਾਨ ਕੀਤਾ। ਉੱਘੇ ਫੋਟੋ ਪੱਤਰਕਾਰ ਸੰਤੋਖ ਸਿੰਘ ਨੇ ਮੁੱਖ ਮੰਤਰੀ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ।  ਨੁਮਾਇਸ਼ ਵਿੱਚ ਲਾਈਆਂ ਆਪਣੀਆਂ ਤਸਵੀਰਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਇਹ ਤਸਵੀਰਾਂ ਕਾਫ਼ੀ ਦੇਰ ਪਹਿਲਾਂ ਦੱਖਣੀ ਅਫਰੀਕਾ ਵਿੱਚ ਖਿੱਚੀਆਂ ਸਨ। ਉਦਘਾਟਨੀ ਸਮਾਗਮ ਦੌਰਾਨ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ, ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਅਤੇ ਪੰਜਾਬ ਕਲਾ ਪ੍ਰੀਸ਼ਦ ਦੀ ਚੇਅਰਪਰਸਨ ਸਤਿੰਦਰ ਸੱਤੀ   ਹਾਜ਼ਰ ਸਨ।

You May Also Like

Leave a Reply

Your email address will not be published. Required fields are marked *