ਬੇਅਦਬੀ ਕਾਂਡ: ਸਰਬ ਪਾਰਟੀ ਮੀਟਿੰਗ ਤੋਂ ਮੁੱਖ ਸਿਆਸੀ ਧਿਰਾਂ ਨੇ ਬਣਾਈ ਦੂਰੀ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਬਾਗੀ ਧੜੇ ਵੱਲੋਂ ਬੁਲਾਈ ਸਰਬ ਪਾਰਟੀ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਤੋਂ ਰਵਾਇਤੀ ਸਿਆਸੀ ਪਾਰਟੀਆਂ ਨੇ ਕਿਨਾਰਾ ਕਰ ਲਿਆ। ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਲੋਕ ਇਨਸਾਫ਼ ਪਾਰਟੀ, ਅਕਾਲੀ ਦਲ ਯੂਨਾਈਟਿਡ, ਦਲ ਖਾਲਸਾ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਭਾਰਤੀ ਕਿਸਾਨ ਯੂਨੀਅਨ (ਕਾਦੀਆਂ), ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਅਤੇ ਸਤਨਾਮ ਸਿੰਘ ਬਹਿਰੂ ਆਦਿ ਸਮੇਤ ਜਨਤਕ ਨੁਮਾਇੰਦੇ ਅਤੇ ਹੋਰਨਾਂ ਜਥੇਬੰਦੀਆਂ ਦੇ ਆਗੂ ਸ਼ਾਮਲ ਸਨ। ਕਾਂਗਰਸ, ਬਹੁਜਨ ਸਮਾਜ ਪਾਰਟੀ ਅਤੇ ਖੱਬੀਆਂ ਧਿਰਾਂ ਦੇ ਆਗੂ ਅੱਜ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਮੀਟਿੰਗ ਵਿੱਚ ਸ਼ਾਮਲ ਹੋਏ ਪੰਜਾਬ ਦੇ ਕਿਸਾਨ ਤੇ ਧਾਰਮਿਕ ਸੰਗਠਨਾਂ ਦੇ ਆਗੂਆਂ ਨੇ 7 ਅਕਤੂਬਰ ਨੂੰ ਕੋਟਕਪੂਰਾ ਤੋਂ ਬਰਗਾੜੀ ਤੱਕ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਇਸ ਇਕੱਤਰਤਾ ਦੌਰਾਨ ਇਹ ਵੀ ਫੈਸਲਾ ਹੋਇਆ ਕਿ ਭਵਿੱਖ ਵਿੱਚ ਬੇਅਦਬੀ ਤੇ ਗੋਲੀ ਕਾਂਡ ਨਾਲ ਜੁੜੇ ਮੁੱਦਿਆਂ ’ਤੇ ਕੋਈ ਵੀ ਪ੍ਰੋਗਰਾਮ ਉਲੀਕਣ ਲਈ ਸਿਆਸੀ ਪਾਰਟੀਆਂ ਅਤੇ ਜਥੇਬੰਦੀਆਂ ’ਤੇ ਅਧਾਰਿਤ ਇੱਕ 11 ਮੈਂਬਰੀ ਐਕਸ਼ਨ ਕਮੇਟੀ ਦਾ ਗਠਨ ਕੀਤਾ ਜਾਵੇਗਾ। ‘ਆਪ’ ਵਿੱਚੋਂ ਮੁਅੱਤਲ ਆਗੂ ਤੇ ਸੰਸਦ ਮੈਂਬਰ ਧਰਮਵੀਰ ਗਾਂਧੀ ਮੀਟਿੰਗ ਵਿੱਚ ਉਚੇਚੇ ਤੌਰ ’ਤੇ ਸ਼ਾਮਲ ਹੋਏ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਖਾਸ ਕਰਕੇ ਵਿਧਾਨ ਸਭਾ ਵਿੱਚ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ’ਤੇ ਹੋਈ ਬਹਿਸ ਦੇ ਮੁਤਾਬਕ ਕਾਰਵਾਈ ਨੂੰ ਨੇਪਰੇ ਚੜ੍ਹਾਉਣ ਲਈ ਬੁਲਾਈ ਗਈ ਸੀ।
ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕਾਂਗਰਸ ਦੇ ਮੰਤਰੀਆਂ ਨੇ ਵਿਧਾਨ ਸਭਾ ਵਿੱਚ ਬਹਿਸ ਕਰਦਿਆਂ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਪਰ 28 ਅਗਸਤ ਨੂੰ ਬਹਿਸ ਤੋਂ ਬਾਅਦ ਇੱਕ ਤਰ੍ਹਾਂ ਨਾਲ ਮਾਮਲਾ ਠੱਪ ਹੀ ਕਰ ਦਿੱਤਾ ਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਕਾਰਵਾਈ ਤੋਂ ਸਪੱਸ਼ਟ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੋਸ਼ੀਆਂ ਨੂੰ ਬਚਾਅ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲ ਅਤੇ ਕੈਪਟਨ ਰੈਲੀਆਂ ਦੀ ਖੇਡ ਵਿੱਚ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੇ ਹਨ। ਇਸੇ ਕਰਕੇ ਸਰਕਾਰ ਨੂੰ ਜਗਾਉਣ ਲਈ ਸੰਘਰਸ਼ ਨੂੰ ਨਵੀਂ ਰੂਪ ਰੇਖਾ ਦੇਣ ਅਤੇ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ 7 ਅਕਤੂਬਰ ਨੂੰ ਕਾਲੀਆਂ ਝੰਡੀਆਂ, ਕਾਲੀਆਂ ਪੱਗਾਂ ਬੰਨ੍ਹ ਕੇ ਤੇ ਬੀਬੀਆਂ ਕਾਲੀਆਂ ਚੁੰਨੀਆਂ ਲੈ ਕੇ ਪ੍ਰਦਰਸ਼ਨ ਕਰਨਗੀਆਂ। ਸ੍ਰੀ ਖਹਿਰਾ ਨੇ ਦੱਸਿਆ ਕਿ ਰੋਸ ਮਾਰਚ ਕੋਟਕਪੂਰਾ ਵਿੱਚ ਉਥੋਂ ਸ਼ੁਰੂ ਹੋਵੇਗਾ ਜਿੱਥੇ ਗੋਲੀ ਕਾਂਡ ਵਾਪਰਿਆ ਸੀ ਤੇ ਇਹ ਮਾਰਚ ਸਰਾਵਾਂ ਤੇ ਬਹਿਬਲ ਕਲਾਂ ਹੁੰਦਾ ਹੋਇਆ ਬਰਗਾੜੀ ਵਿੱਚ ਚੱਲ ਰਹੇ ਮੋਰਚੇ ਵਿੱਚ ਸ਼ਾਮਲ ਹੋਵੇਗਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਕਾਲੀ ਦਲ ਅਤੇ ਕਾਂਗਰਸ ਸਿਆਸੀ ਰੋਟੀਆਂ ਸੇਕਣ ਲੱਗੇ ਹੋਏ ਹਨ ਉਸ ਨੂੰ ਦੇਖਦਿਆਂ ਲੋਕਾਂ ਨੂੰ ਇਨਸਾਫ਼ ਲੈਣ ਲਈ ਅੱਗੇ ਆਉਣਾ ਹੀ ਪਵੇਗਾ।

You May Also Like

Leave a Reply

Your email address will not be published. Required fields are marked *