ਸਾਬਕਾ ਡੀਜੀਪੀ ਨੂੰ ਕਾਨੂੰਨੀ ਘੇਰਾ ਪਾਉਣ ਲਈ ਕੈਪਟਨ ਵੱਲੋਂ ਵਿਚਾਰਾਂ

ਚੰਡੀਗੜ੍ਹ: ਪੰਜਾਬ ਦੇ ਵਿਵਾਦਾਂ ’ਚ ਰਹੇ ਇਕ ਪੁਲੀਸ ਅਧਿਕਾਰੀ ਨੂੰ ਕਾਨੂੰਨੀ ਘੇਰਾ ਪਾਉਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਹਰਕਤ ਵਿੱਚ ਆ ਗਈ ਹੈ। ਸੂਤਰਾਂ ਮੁਤਾਬਕ ਮੁੱਖ ਮੰਤਰੀ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਹੋਈ ਮੀਟਿੰਗ ਦੌਰਾਨ ਸਾਬਕਾ ਪੁਲੀਸ ਮੁਖੀ ’ਤੇ ਕਾਰਵਾਈ ਕਰਨ ਦਾ ਮਾਮਲਾ ਵਿਚਾਰਿਆ ਗਿਆ। ਮੀਟਿੰਗ ਵਿੱਚ ਸਿੰਜਾਈ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਡੀਜੀਪੀ ਸੁਰੇਸ਼ ਅਰੋੜਾ, ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਮੁਹੰਮਦ ਮੁਸਤਫ਼ਾ, ਵਿਜੀਲੈਂਸ ਮੁਖੀ ਬੀ ਕੇ ਉੱਪਲ ਅਤੇ ਹੋਰ ਅਧਿਕਾਰੀ ਸ਼ਾਮਲ ਸਨ। ਮੀਟਿੰਗ ਵਿੱਚ ਮੌਜੂਦ ਇੱਕ ਸ਼ਖ਼ਸੀਅਤ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਵਿਜੀਲੈਂਸ ਮੁਖੀ ਨੂੰ ਸਾਬਕਾ ਡੀਜੀਪੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਵਾਲੀ ਟੀਮ ਦੀ ਅਗਵਾਈ ਕਰਨ ਦੇ ਮੁੱਦੇ ’ਤੇ ਵਿਚਾਰ ਕੀਤੀ ਗਈ। ਇਹ ਵੀ ਚਰਚਾ ਕੀਤੀ ਗਈ ਕਿ ਮਾਮਲੇ ਨੂੰ ਤਣ ਪੱਤਣ ਲਾਉਣ ਲਈ ਡੀਜੀਪੀ ਰੈਂਕ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਵਿਜੀਲੈਂਸ ਮੁਖੀ ਦੀ ਅਗਵਾਈ ਹੇਠਲੀ ਜਾਂਚ ਟੀਮ ਦੀ ਨਿਗਰਾਨੀ ਦਾ ਕੰਮ ਸੌਂਪਿਆ ਜਾਵੇ। ਇਹ ਵੀ ਪਤਾ ਲੱਗਾ ਹੈ ਕਿ ਸ੍ਰੀ ਉੱਪਲ ਵੱਲੋਂ ਹੀ ਮੁੱਖ ਮੰਤਰੀ ਦੇ ਸਾਹਮਣੇ ਦਾਅਵਾ ਕੀਤਾ ਗਿਆ ਕਿ ‘ਅਮਨ ਸਕੌਡਾ’ ਨਾਲ ਸਬੰਧਤ ਅਪਰਾਧਿਕ ਮਾਮਲਿਆਂ ਵਿੱਚ ਸਾਬਕਾ ਪੁਲੀਸ ਅਧਿਕਾਰੀ ਨੂੰ ਕਾਨੂੰਨੀ ਤੌਰ ’ਤੇ ਘੇਰਨ ਲਈ ਲੋੜੀਂਦੇ ਸਬੂਤ ਮੌਜੂਦ ਹਨ।
ਜਾਣਕਾਰੀ ਅਨੁਸਾਰ ਸਾਬਕਾ ਪੁਲੀਸ ਅਧਿਕਾਰੀ ਵਿਰੁੱਧ ਕਾਰਵਾਈ ਨੂੰ ਲੈ ਕੇ ਮੰਤਰੀ ਅਤੇ ਕਾਂਗਰਸ ਆਗੂ ਲਾਮਬੰਦ ਹੋ ਗਏ ਹਨ ਜਦੋਂ ਕਿ ਅਫ਼ਸਰਸ਼ਾਹੀ ਵੱਲੋਂ ਉਸ ਖ਼ਿਲਾਫ਼ ਕਾਰਵਾਈ ਨੂੰ ਠੰਢੇ ਬਸਤੇ ਵਿੱਚ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ। ਕਾਂਗਰਸ ਦੇ ਦੋ ਵਿਧਾਇਕ ਤਾਂ ਖੁੱਲ੍ਹ ਕੇ ਕਾਰਵਾਈ ਦੀ ਪੈਰਵੀ ਕਰ ਰਹੇ ਹਨ। ਸੂਤਰਾਂ ਨੇ ਕਿਹਾ ਕਿ ਸ੍ਰੀ ਉੱਪਲ ਨੇ ਮੀਟਿੰਗ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਦੋਵੇਂ ਮੰਤਰੀਆਂ ਅਤੇ ਸੀਨੀਅਰ ਪੁਲੀਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਇਹ ਵੀ ਦੱਸਿਆ ਕਿ ਅਮਨ ਸਕੌਡਾ ਤੋਂ ਪਿਛਲੇ ਸਮੇਂ ਦੌਰਾਨ ਦੋ ਜ਼ਿਲ੍ਹਾ ਪੁਲੀਸ ਮੁਖੀਆਂ, ਵਿਜੀਲੈਂਸ ਅਤੇ ਇੰਟੈਲੀਜੈਂਸ ਨੇ ਪੁੱਛ-ਗਿੱਛ ਕੀਤੀ ਸੀ ਅਤੇ ਮਾਮਲੇ ਵਿੱਚ ਕੁੱਝ ਆਡੀਓ ਟੇਪਾਂ (ਰਿਕਾਰਡਿੰਗ) ਅਜਿਹੀਆਂ ਹਨ ਜੋ ਸਾਬਕਾ ਡੀਜੀਪੀ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਬਣਾਉਣ ਵਿੱਚ ਪੁਖ਼ਤਾ ਸਬੂਤ ਬਣ ਸਕਦੀਆਂ ਹਨ।

You May Also Like

Leave a Reply

Your email address will not be published. Required fields are marked *